ਮਾਨਸਾ-29 ਮਈ ਨੂੰ ਪਿੰਡ ਜਵਾਹਰਕੇ ਵਿਖੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲੇ ਦਾ ਅਚਾਨਕ ਸ਼ੂਟਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ| ਉਸ ਤੋਂ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ| ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਚੌਕਸੀ ਵਧਾ ਦਿੱਤੀ ਹੈ| ਮੂਸੇਵਾਲਾ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ| ਸੂਤਰਾਂ ਨੇ ਦੱਸਿਆ ਕਿ ਹਮਲੇ ਦੇ ਖਦਸ਼ੇ ਦੀ ਖੁਫੀਆ ਸੂਚਨਾ ਤੋਂ ਬਾਅਦ ਘਰ ਦੇ ਬਾਹਰ LMG ਸਮੇਤ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ| ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਵਿੱਚ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਜਾਰੀ ਹੈ| ਆਈਜੀ ਸੁਰਿੰਦਰ ਪਾਲ ਸਿੰਘ ਪਰਮਾਰ ਦਾ ਕਹਿਣਾ ਹੈ ਕਿ ਇਸ ਸੰਵੇਦਨਸ਼ੀਲ ਜਗਹਾ ’ਤੇ ਮੌਕ ਡਰਿੱਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ|