Punjab

ਫਸਲੀ ਖਰਾਬੇ ਕਾਰਨ ਮੁੱਖ ਮੰਤਰੀ ਵੱਲੋਂ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ

  • Punjabi Bulletin
  • Mar 27, 2023
ਫਸਲੀ ਖਰਾਬੇ ਕਾਰਨ ਮੁੱਖ ਮੰਤਰੀ ਵੱਲੋਂ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ
  • 159 views

ਚੰਡੀਗੜ੍ਹ-ਪੰਜਾਬ ਵਿਚ ਬੀਤੇ ਦਿਨਾਂ ਵਿਚ ਪਏ ਮੀਂਹ ਅਤੇ ਝੱਖੜ ਕਾਰਨ ਫਸਲਾਂ ਦਾ ਜੋ ਨੁਕਸਾਨ ਹੋਇਆ, ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਸਲੀ ਖਰਾਬੇ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਤੋਂ ਲਏ ਹਾੜ੍ਹੀ ਦੇ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਿਸਾਨ ਮੈਂਬਰਾਂ ਤੋਂ ਫ਼ਸਲੀ ਕਰਜ਼ੇ ਦੀ ਮੁੜ ਅਦਾਇਗੀ ਨੂੰ ਰੋਕਿਆ ਗਿਆ ਹੈ। ਮੁੱਖ ਮੰਤਰੀ ਨੇ ਅੱਜ ਉੱਚ ਪੱਧਰੀ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਫ਼ਸਲੀ ਨੁਕਸਾਨ ਦੀ ਭਰਪਾਈ ਮਗਰੋਂ ਕਰਜ਼ਾ ਵਾਪਸ ਕਰ ਸਕਦੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਐਤਵਾਰ ਨੂੰ ਫ਼ਸਲੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਕਰਜ਼ਾ ਵਸੂਲੀ ਮੁਲਤਵੀ ਸਮੇਂ ਦੌਰਾਨ ਕਿਸਾਨਾਂ ਨੂੰ ਪੈਣ ਵਾਲੇ ਵਿਆਜ ਨੂੰ ਵੀ ਮੁਆਫ਼ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਵਿਆਜ ਦੀ ਭਰਪਾਈ ਸਰਕਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਵੱਡੀ ਗਿਣਤੀ ਵਿਚ ਕਿਸਾਨ ਡਿਫਾਲਟਰ ਹੋਣ ਤੋਂ ਬਚਣਗੇ ਅਤੇ ਅਗਲੀ ਫ਼ਸਲ ਲਈ ਕਰਜ਼ਾ ਲੈਣ ਦੇ ਯੋਗ ਬਣ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੁੱਚੇ ਕਿਸਾਨਾਂ ਦੀ ਵਸੂਲੀ ਮੁਲਤਵੀ ਕੀਤੀ ਹੈ ਤਾਂ ਇਸ ਨਾਲ ਕਰੀਬ 6.50 ਲੱਖ ਕਿਸਾਨਾਂ ਨੂੰ ਰਾਹਤ ਮਿਲੇਗੀ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024