Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਿਹਾ , ਜਥੇਦਾਰ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ

  • Punjabi Bulletin
  • Mar 28, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਿਹਾ , ਜਥੇਦਾਰ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ
  • 108 views

ਚੰਡੀਗੜ੍ਹ-ਪੰਜਾਬ ਦੇ ਵਾਰਿਸ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਚੱਲ ਰਹੇ ਵਿਵਾਦ ਨੂੰ ਲੈ ਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’ ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ।  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਇਸ ਦਾ ਜਵਾਬ  ਦਿੱਤਾ ਗਿਆ ਹੈ ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਜਿਵੇਂ ਉਹ (ਮੁੱਖ ਮੰਤਰੀ) ਪੰਜਾਬ ਦੀ ਨੁਮਾਇੰਦਗੀ ਕਰਦੇ ਹਨ, ਉਸੇ ਤਰ੍ਹਾਂ ਉਹ ਵੀ ਆਪਣੀ ਕੌਮ ਦੇ ਨਿਮਾਣੇ ਜਿਹੇ ਨੁਮਾਇੰਦੇ ਹਨ। ਉਨ੍ਹਾਂ ਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਇਹ ਉਨ੍ਹਾਂ ਦਾ ਫਰਜ਼ ਵੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ, ‘ਤੁਸੀਂ ਠੀਕ ਕਿਹਾ ਹੈ ਕਿ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਸੀ ਲੋਕ ਵਰਤ ਜਾਂਦੇ ਹਨ ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਤੁਸੀਂ ਆਪਣਾ ਧਿਆਨ ਰੱਖੋ, ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ, ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ।’ ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ, ਪਹਿਲਾਂ ਆਓ ਰਲ ਕੇ ਪੰਜਾਬ ਨੂੰ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹਾਂ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਅਤੇ ਅਸੀਸ ਲਈਏ। 


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024