Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ

  • Punjabi Bulletin
  • Mar 29, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੁਖਵਿੰਦਰ ਸੁੱਖੂ ਨਾਲ ਮੁਲਾਕਾਤ
  • 107 views

ਚੰਡੀਗੜ੍ਹ-ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਾੜੀ ਰਾਜ ਦੇ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖ਼ਿਲਾਫ਼ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ’ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਨੇ ਬਿਜਲੀ ਖੇਤਰ ਵਿੱਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024