ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੀਂਹ ਤੇ ਹਨੇਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਣ ਲਈ ਕੇਂਦਰ ਸਰਕਾਰ ਦੀਆਂ ਮਿੰਨਤਾਂ ਨਹੀਂ ਕੱਢਾਂਗੇ ਸਗੋਂ ਖਰਾਬ ਹੋਈ ਕਣਕ ਦੀ ਫਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਮਹਾਨ ਆਜ਼ਾਦੀ ਘੁਲਾਟੀਏ ਤੇਜਾ ਸਿੰਘ ਸੁਤੰਤਰ ਦੇ ਪਰਦੇ ਤੋਂ ਬੁੱਤ ਹਟਾਉਣ ਤੋਂ ਬਾਅਦ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਅਸੀਂ ਫਸਲ ਦੇ ਮੁੱਲ ਵਿਚ ਕਟੌਤੀ ਨਾ ਕਰਨ ਲਈ ਕੇਂਦਰ ਅੱਗੇ ਤਰਲੇ ਨਹੀਂ ਕੱਢਾਂਗੇ ਪਰ ਜਦੋਂ ਕੇਂਦਰ ਸਰਕਾਰ ਕੌਮੀ ਅਨਾਜ ਭੰਡਾਰ ਲਈ ਸਾਥੋਂ ਕਣਕ-ਝੋਨੇ ਸਪਲਾਈ ਮੰਗੇਗੀ, ਓਸ ਵੇਲੇ ਅਸੀਂ ਕਿਸਾਨਾਂ ਦੇ ਹਿੱਤ ਵਿਚ ਮੁਆਵਜ਼ਾ ਮੰਗਾਂਗੇ।” ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਪਰ ਕੇਂਦਰ ਸਰਕਾਰ ਨੇ ਔਖੇ ਸਮੇਂ ਕਿਸਾਨਾਂ ਦੀ ਬਾਂਹ ਨਹੀਂ ਫੜੀ। ਉਲਟਾ ਨੁਕਸਾਨੀ ਫਸਲ, ਸੁੰਗੜੇ ਤੇ ਟੁੱਟੇ ਦਾਣਿਆਂ ਅਤੇ ਵੱਧ ਨਮੀ ਕਾਰਨ ਮੁੱਲ ਵਿਚ ਕਟੌਤੀ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਉਤੇ ਲੂਣ ਛਿੜਕਿਆ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਸੁੰਗੜੇ ਤੇ ਟੁੱਟੇ ਦਾਣਿਆਂ ਲਈ 18 ਫੀਸਦੀ ਤੱਕ ਢਿੱਲ ਦੇਣ ਦੇ ਨਾਲ ਹੀ ਸ਼ਰਤਾਂ ਥੋਪ ਦਿੱਤੀਆਂ। ਕਿਸਾਨਾਂ ਨੂੰ ਕੋਈ ਫਿਕਰ ਨਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ਉਤੇ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖਣ ਦੇ ਸਮਰੱਥ ਹੈ ਅਤੇ ਅਨੰਦਾਤਿਆਂ ਦੀ ਮਦਦ ਲਈ ਕੇਂਦਰ ਅੱਗੇ ਹੱਥ ਨਹੀਂ ਅੱਡੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਕੇਂਦਰ ਨੇ ਪ੍ਰਭਾਵਿਤ ਫਸਲ, ਕਣਕ ਦੇ ਸੁੰਗੜੇ ਤੇ ਟੁੱਟੇ ਦਾਣਿਆਂ ਕਾਰਨ ਮੁੱਲ ਵਿਚ ਕਟੌਤੀ ਕਰਨ ਦਾ ਫੈਸਲਾ ਲਿਆ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੰਭੀਰ ਸਥਿਤੀ ਵਿਚ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਮੁੱਲ ਵਿਚ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ।