ਬਠਿੰਡਾ-ਕੈਨੇਡਾ ਤੋਂ ਪੰਜਾਬ ਆਏ ਇੱਕ ਵਿਅਕਤੀ ਜੋ ਕਿ ਆਪਣੇ ਦੋ ਦੋਸਤਾਂ ਨਾਲ ਸਿੱਧੂ ਮੂਸੇਵਾਲਾ ਦੇ ਘਰ ਜਾ ਰਿਹਾ ਸੀ, ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦੀ ਰਸਤੇ ਵਿੱਚ ਅਚਾਨਕ ਤਬੀਅਤ ਵਿਗੜ ਗਈ ਤਾਂ ਉਸਦੇ ਦੋ ਦੋਸਤਾਂ ਨੇ ਉਸਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਐਨਆਰਆਈ ਦੇ ਸਹੁਰਿਆਂ ਵਾਲਿਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਸ਼ੇ ਦੀ ਵੱਧ ਡੋਜ਼ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਹੁਰੇ ਦੀ ਸ਼ਿਕਾਇਤ ’ਤੇ ਥਾਣਾ ਮੌੜ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।