ਅੰਮ੍ਰਿਤਸਰ-ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਨੇ ਰੋਕਿਆ ਕਿਉਂਕਿ ਕੁੜੀ ਨੇ ਚਿਹਰੇ ’ਤੇ ਤਿਰੰਗਾ ਬਣਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਇਕ ਸੇਵਾਦਾਰ ਨੇ ਉਸ ਨੂੰ ਅੰਦਰ ਜਾਣ ਤੋਂ ਰੋਕਿਆ ਸੀ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਉਕਤ ਸ਼ਰਧਾਲੂ ਕੁੜੀ ਨੂੰ ਪਹਿਰੇਦਾਰ ਵੱਲੋਂ ਰੋਕ ਕੇ ਮਰਯਾਦਾ ਦਾ ਪਾਲਣ ਕਰਨ ਲਈ ਆਖਣ ’ਤੇ ਦੋਹਾਂ ਵਿਚਕਾਰ ਹੋਈ ਗੱਲਬਾਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਦੀ ਕਰੜੀ ਨਿੰਦਾ ਕੀਤੀ ਕਰਦਿਆਂ ਕਿਹਾ ਸੀ ਕਿ ਸ਼ਰਧਾਲੂ ਕੁੜੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਹਿਰੇਦਾਰ ਵਿਚਾਲੇ ਹੋਈ ਗੱਲਬਾਤ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਮਹਿਜ਼ ਇਕ ਘਟਨਾ ਨੂੰ ਲੈ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਅਤੇ ਸੰਸਥਾ ਦੇ ਪ੍ਰਬੰਧਾਂ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ’ਤੇ ਮਨਘੜਤ ਅਤੇ ਬੇਬੁਨਿਆਦ ਟਿੱਪਣੀਆਂ ਕਰਨੀਆਂ ਠੀਕ ਨਹੀਂ ਹਨ। ਇਸ ਮਾਮਲੇ ’ਚ ਹੁਣ ਉਕਤ ਸ਼ਰਧਾਲੂ ਲੜਕੀ ਨੇ ਆਪਣਾ ਪੱਖ ਰੱਖਿਆ ਹੈ। ਉਸ ਨੇ ਇਕ ਵੀਡੀਓ ਰਾਹੀਂ ਕਿਹਾ ਕਿ ਮੇਰੇ ਵੱਲੋਂ ਜੇਕਰ ਕੋਈ ਗਲਤੀ ਹੋਈ ਹੋਵੇ ਜਾਂ ਕੋਈ ਗਲਤ ਸ਼ਬਦ ਕਿਹਾ ਗਿਆ ਹੋਵੇ, ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੋਵੇ ਤਾਂ ਮੈਂ ਮੁਆਫੀ ਮੰਗਦੀ ਹਾਂ। ਲੜਕੀ ਨੇ ਕਿਹਾ ਕਿ ਮੈਂ ਇੰਨੀ ਵੱਡੀ ਨਹੀਂ ਹਾਂ ਕਿ ਕੋਈ ਮੇਰੇ ਕੋਈ ਕੋਲੋਂ ਮੁਆਫੀ ਮੰਗੇ, ਜੇਕਰ ਮੇਰੇ ਕੋਲੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਮੈਂ ਸਾਰਿਆਂ ਤੋਂ ਮੁਆਫੀ ਮੰਗਦੀ ਹਾਂ।