ਚੰਡੀਗੜ੍ਹ-ਬੀਤੇ ਦਿਨੀਂ ਸੌਦਾ ਸਾਧ ਦੀ ਬੇਅਦਬੀ ਮਾਮਲੇ ਦੀ ਪਟੀਸ਼ਨ ’ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਸਵਾਲ ਚੁੱਕੇ ਹਨ। ਜਾਣਕਾਰੀ ਮੁਤਾਬਕ ਸੌਦਾ ਸਾਧ ਨੇ ਮੰਗ ਕੀਤੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਸਿੱਟ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਇਸ ਸਬੰਧੀ ਸ਼ੁੱਕਰਵਾਰ ਨੂੰ ਦੋ ਘੰਟੇ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਸਿੱਟ ਦੀ ਜਾਂਚ ਤੇ ਸ਼ਿਕਾਇਤਕਰਤਾ ਦੇ ਬਿਆਨ ਵਿਚ ਕਮੀਆਂ ਨੂੰ ਲੈ ਕੇ ਸੌਦਾ ਸਾਧ ਨੂੰ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ। ਸੌਦਾ ਸਾਧ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਕਿਹਾ ਸੀ ਕਿ ਉਸ ਨੂੰ ਐਫਆਈਆਰ ਦੇ ਪੰਜ ਸਾਲ ਬਾਅਦ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਸਿਆਸੀ ਕਾਰਨਾਂ ਕਰਕੇ ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਅਤੇ ਅਜਿਹੀ ਸਥਿਤੀ ਵਿਚ ਸਰਕਾਰ ਦੀ ਐਸਆਈਟੀ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਪਟੀਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਸਹੀ ਦਿਸ਼ਾ ਵਿਚ ਨਹੀਂ ਚੱਲ ਰਹੀ ਅਤੇ ਇਸ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜਾਂਚ ਐਸਆਈਟੀ ਨੂੰ ਸੌਂਪੀ ਗਈ ਸੀ। । ਇਨ੍ਹਾਂ ਸਾਰਿਆਂ ਸਵਾਲਾਂ ’ਤੇ ਪਟੀਸ਼ਨਕਰਤਾ ਦੇ ਜਵਾਬ ਤੋਂ ਬਾਅਦ ਹੀ ਅਦਾਲਤ ਇਸ ਮਾਮਲੇ ’ਚ ਅੱਗੇ ਦਾ ਫੈਸਲਾ ਕਰੇਗੀ।