ਲੁਧਿਆਣਾ-ਸੂਬਾ ਸਰਕਾਰ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕਰਕੇ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫਾ ਦਿੱਤਾ। ਜਾਣਕਾਰੀ ਮੁਤਾਬਕ ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਵਿਸਥਾਰ ਵਿਚ ਦੱਸਿਆ ਕਿ ਇਸ ਵੱਡੇ ਉਪਰਾਲੇ ਦਾ ਉਦੇਸ਼ ਖੇਤ ਕਾਮਿਆਂ ਦੀ ਸਹਾਇਤਾ ਕਰਨਾ ਹੈ ਜੋ ਅਜਿਹੇ ਮੁਆਵਜ਼ੇ ਤੋਂ ਵਿਰਵੇ ਜਾਂਦੇ ਹਨ ਜਦਕਿ ਕੁਦਰਤੀ ਮਾਰ ਦਾ ਸਾਹਮਣਾ ਉਨ੍ਹਾਂ ਨੂੰ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫਤਾਂ ਕਾਰਨ ਕੰਮ ਦੇ ਹੁੰਦੇ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਇਕ ਮਈ ਨੂੰ ਮਜ਼ਦੂਰ ਦਿਵਸ ਮੌਕੇ ਸੂਬਾ ਸਰਕਾਰ ਦੀ ਇਹ ਸੌਗਾਤ ਸਮੁੱਚੇ ਕਿਰਤੀ ਵਰਗ ਲਈ ਹੈ ਜੋ ਫਸਲਾਂ ਪਾਲਣ ਲਈ ਖੇਤਾਂ ਵਿਚ ਆਪਣਾ ਖੂਨ-ਪਸੀਨਾ ਵਹਾਉਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਰਤੀਆਂ ਦੀ ਰਜਿਸਟ?ਰੇਸ਼ਨ ਕਰਨ ਲਈ ਵਿਆਪਕ ਪੱਧਰ ਉਤੇ ਰਜਿਸਟਰੇਸ਼ਨ ਸ਼ੁਰੂ ਕਰੇਗੀ ਤਾਂ ਕਿ ਇਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਹਾਸਲ ਹੋ ਸਕੇ।