ਚੰਡੀਗੜ੍ਹ-ਪੰਜਾਬ ਵਿਚ ਮਾਨ ਸਰਕਾਰ ਨੇ ਰੇਤਾ-ਬੱਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਹੈ| ਪੰਜਾਬ ਵਿਚ ਚੱਲਦੀ ਰੇਤ ਮਾਫੀਆ ਨੂੰ ਠੱਲ੍ਹ ਪਾਉਣ ਲਈ ਸਰਕਾਰ ਨੇ ਇਹ ਅਹਿਮ ਕਦਮ ਚੁੱਕਿਆ| ਜਾਣਾਕਾਰੀ ਮੁਤਾਬਕ ਹੁਣ ਟਰਾਂਸਪੋਰਟਰ ਰੇਤਾ-ਬੱਜਰੀ ਦੀ ਢੋਆ-ਢੁਆਈ ’ਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ| ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੇ ਲੋਕਾਂ ਨੂੰ ਸਸਤੇ ਰੇਟਾਂ ’ਤੇ ਰੇਤਾ ਬੱਜਰੀ ਵੀ ਮੁਹੱਈਆ ਹੋਵੇਗੀ| ਜਾਣਕਾਰੀ ਮੁਤਾਬਕ ਟਰਾਂਸਪੋਰਟ ਵਿਭਾਗ ਨੇ ਰੇਤਾ-ਬੱਜਰੀ ਦੀ ਢੋਆ-ਢੁਆਈ ਦਾ ਰੇਟ ਤੈਅ ਕਰਨ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ| ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਖੱਡਾਂ ’ਚੋਂ ਰੇਤਾ ਟੈਕਸ ਸਮੇਤ 9.34 ਰੁਪਏ ਪ੍ਰਤੀ ਕਿਊਬਿਕ ਫੁੱਟ ਦਿੱਤਾ ਜਾਂਦਾ ਸੀ, ਉਹ ਲੋਕਾਂ ਨੂੰ 32 ਤੋਂ 35 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਮਿਲਦਾ ਸੀ| ਨੋਟੀਫਿਕੇਸ਼ਨ ਅਨੁਸਾਰ ਰੇਤਾ-ਬੱਜਰੀ ਦੀ ਦੋ ਕਿਲੋਮੀਟਰ ਤੱਕ ਦੀ ਢੋਆ-ਢੁਆਈ ਲਈ ਟਰਾਂਸਪੋਰਟਰ ਨੂੰ ਪ੍ਰਤੀ ਮੀਟਰਕ ਟਨ ਪਿੱਛੇ 84.92 ਰੁਪਏ ਮਿਲਣਗੇ ਅਤੇ 50 ਕਿਲੋਮੀਟਰ ਦੀ ਦੂਰੀ ਬਦਲੇ 349.82 ਰੁਪਏ ਪ੍ਰਤੀ ਟਨ ਮਿਲਣਗੇ| ਇਸੇ ਤਰ੍ਹਾਂ 100 ਕਿਲੋਮੀਟਰ ਦੀ ਦੂਰੀ ਦੇ 467.95 ਰੁਪਏ ਪ੍ਰਤੀ ਟਨ ਭਾੜਾ ਮਿਲੇਗਾ ਅਤੇ 150 ਕਿਲੋਮੀਟਰ ਦੂਰੀ ਦਾ ਭਾੜਾ 526.19 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ| ਇਸ ਤੋਂ ਇਲਾਵਾ 579.78 ਰੁਪਏ ਪ੍ਰਤੀ ਟਨ ਭਾੜਾ 200 ਕਿਲੋਮੀਟਰ ਦੀ ਦੂਰੀ ਦਾ ਨਿਸ਼ਚਿਤ ਕੀਤਾ ਗਿਆ ਹੈ| ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿਚ ਟਿੱਪਰ, ਟਰੱਕ ਅਤੇ ਟਰਾਲੇ ਆਦਿ ਸ਼ਾਮਲ ਹਨ|