ਚੰਡੀਗੜ੍ਹ-ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ ਦਿਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ'ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 16 ਜ਼ਿਲ੍ਹਿਆਂ ਵਿੱਚ (15 ਡੀ ਸੀ 1 ਐੱਸ ਡੀ ਐੱਮ) ਦਫ਼ਤਰਾਂ ਅੱਗੇ ਔਰਤਾਂ ਸਮੇਤ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਗਏ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਪਹਿਲਵਾਨ ਖਿਡਾਰਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਖਿਡਾਰਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖਿੰਡਾਉਣ ਲਈ ਉਨ੍ਹਾਂ ਉੱਪਰ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨਾਕਾਰੀ ਕੁੜੀਆਂ ਅਤੇ ਹੋਰ ਲੋਕਾਂ ਉੱਤੇ ਮੜ੍ਹੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਉਨ੍ਹਾਂ ਦਾ ਚੁੱਕਿਆ ਗਿਆ ਟੈਂਟ ਅਤੇ ਹੋਰ ਸਾਮਾਨ ਤੁਰੰਤ ਵਾਪਸ ਕੀਤਾ ਜਾਵੇ। ਜੰਤਰ ਮੰਤਰ ਜਨਤਕ ਮੈਦਾਨ ਵਿੱਚ ਸ਼ਾਂਤਮਈ ਜਨਤਕ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਜਮਹੂਰੀ ਅਧਿਕਾਰ ਬਹਾਲ ਕੀਤਾ ਜਾਵੇ।
ਅੱਜ ਦੇ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸਮੇਤ ਔਰਤ ਆਗੂ ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਕੁਲਦੀਪ ਕੌਰ ਕੁੱਸਾ, ਕਮਲਦੀਪ ਕੌਰ ਬਰਨਾਲਾ, ਮਨਦੀਪ ਕੌਰ ਬਾਰਨ, ਰਮਨਦੀਪ ਕੌਰ ਫਾਜ਼ਿਲਕਾ, ਦਵਿੰਦਰ ਕੌਰ ਰੰਧਾਵਾ ਕਲੋਨੀ ਸ਼ਾਮਲ ਸਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੋਦੀ ਦੇ ਇਸ਼ਾਰੇ 'ਤੇ ਹੀ 28 ਮਈ ਨੂੰ ਦੇਸ਼ ਦੀ ਸ਼ਾਨ ਇਨ੍ਹਾਂ ਕੁੜੀਆਂ ਨੂੰ ਪੁਲਸੀ ਬੂਟਾਂ ਥੱਲੇ ਮਿੱਧ ਕ ਅਣਮਨੁੱਖੀ ਪੁਲਸ ਜਬਰ ਢਾਹਿਆ ਗਿਆ ਹੈ ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 5 ਜੂਨ ਨੂੰ ਪੰਜਾਬ ਦੇ ਵੱਧ ਤੋਂ ਵੱਧ ਸਬ ਡਵੀਜ਼ਨ ਸ਼ਹਿਰਾਂ ਵਿੱਚ ਭਾਰੀ ਗਿਣਤੀ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਬ੍ਰਿਜ ਭੂਸ਼ਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਸ਼ਰਮਨਾਕ ਕਰਤੂਤ ਦਾ ਭਾਂਡਾ ਚੁਰਾਹੇ ਭੰਨਣ ਲਈ ਹੀ ਇਹ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਇਹ ਫੈਸਲਾ ਵੀ ਕੀਤਾ ਗਿਆ ਹੈ ਕਿ ਸਰਕਾਰੀ ਜਬਰ ਜ਼ੁਲਮ ਵਿਰੁੱਧ ਪੀੜਤ ਕੁੜੀਆਂ ਵੱਲੋਂ ਆਪਣਾ ਹੱਕੀ ਰੋਸ ਜ਼ਾਹਰ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਅਤੇ ਬ੍ਰਿਜ ਭੂਸ਼ਨ ਦੀ ਗ੍ਰਿਫਤਾਰੀ ਖਾਤਰ ਪਹਿਲਵਾਨ ਕੁੜੀਆਂ ਵੱਲੋਂ ਐਲਾਨ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਪ੍ਰੋਗਰਾਮ ਦੀ ਵੀ ਡਟਵੀਂ ਹਿਮਾਇਤ ਕੀਤੀ ਜਾਵੇਗੀ।